ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ । ਜਿਸ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ ਦੇ ਮੈਂਬਰਾਂ ਨੇ ਅੱਜ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ ਕੀਤਾ ਹੈ । ਹਾਲਾਂਕਿ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ । ਦੂਜੇ ਪਾਸੇ ਦੇਰ ਸ਼ਾਮ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਯੂਨੀਵਰਸਿਟੀ ਵਿੱਚ ਆਈ.ਟੀ.ਪੀ.ਬੀ. ਦੀ ਤਾਇਨਾਤੀ ਕਰ ਦਿੱਤੀ ਗਈ ਹੈ ।
ਵਿਦਿਆਰਥੀ ਅੱਜ ਭਾਜਪਾ ਦਫ਼ਤਰ ਨੂੰ ਘੇਰਨ ਦੀ ਤਰੀਕ ਦਾ ਐਲਾਨ ਕਰ ਸਕਦੇ ਹਨ । ਅੱਜ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਤੋਂ ਬਾਅਦ ਮੀਟਿੰਗ ਕੀਤੀ ਜਾਵੇਗੀ । ਇਹ ਫੈਸਲਾ ਕੁਝ ਦਿਨ ਪਹਿਲਾਂ ਸੰਗਠਨਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਸੀ।
ਪੰਜਾਬ ਯੂਨੀਵਰਸਿਟੀ ਨੇ ਅੱਜ ਕੁਝ ਵਿਭਾਗਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਵਾਉਣੀਆਂ ਸਨ । ਹਾਲਾਂਕਿ ਇਸ ਮੌਕੇ ‘ਤੇ ਯੂਨੀਵਰਸਿਟੀ ਬੰਦ ਰੱਖਣ ਦੀ ਕਾਲ ਸਟੂਡੈਂਟਸ ਨੇ ਦਿੱਤੀ ਸੀ । ਪਹਿਲਾਂ ਯੂਨੀਵਰਸਿਟੀ ਨੇ ਛੁੱਟੀ ਤੋਂ ਬਾਅਦ ਇਨ੍ਹਾਂ ਪ੍ਰੀਖਿਆਵਾਂ ਨੂੰ ਡੀਏਵੀ ਕਾਲਜ ਵਿੱਚ ਤਬਦੀਲ ਕਰ ਦਿੱਤਾ ਸੀ ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਸੈਨੇਟ-ਸਿੰਡੀਕੇਟ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਗਿਆ ਸੀ ਅਤੇ ਹੁਣ ਵਿਦਿਆਰਥੀ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਦੀ ਮੰਗ ਕਰ ਰਹੇ ਹਨ । ਯੂਨੀਵਰਸਿਟੀ ਵਾਈਸ ਚਾਂਸਲਰ ਰੇਣੂ ਵਿਜ ਨੇ ਸੈਨੇਟ ਚੋਣਾਂ ਕਰਵਾਉਣ ਲਈ ਚਾਂਸਲਰ ਅਤੇ ਉਪ ਰਾਸ਼ਟਰਪਤੀ ਨੂੰ ਮਨਜ਼ੂਰੀ ਲਈ ਪੱਤਰ ਲਿਖਿਆ ਹੈ। ਪਰ ਹਾਲੇ ਤੱਕ ਪ੍ਰਵਾਨਗੀ ਨਹੀਂ ਮਿਲ ਸਕੀ।