ਪੰਜਾਬ ‘ਚ ਛਾਏ ਕਾਲੇ ਬੱਦਲ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ; ਕਈ ਥਾਵਾਂ ‘ਤੇ ਹਲਕੀ-ਫੁਲਕੀ ਬਾਰਿਸ਼, IMD ਵੱਲੋਂ 2 ਤੋਂ 6 ਜੁਲਾਈ ਦੌਰਾਨ ਭਾਰੀ ਮੀਂਹ ਦੀ ਚੇਤਾਵਨੀ
ਪੰਜਾਬ ਦੇ ਵਿੱਚ ਅੱਜ ਕਾਲੇ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਫੁਲਕੀ ਬਾਰਿਸ਼ ਹੋਣ ਕਰਕੇ ਮੌਸਮ ਖੁਸ਼ਨੁਮਾ ਹੋ ਗਿਆ ਅਤੇ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਪਠਾਨਕੋਟ ਵਿੱਚ ਅੱਜ ਤੇਜ਼ ਮੀਂਹ ਪਿਆ ਹੈ, ਜਦਕਿ ਗੁਰਦਾਸਪੁਰ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਇਸ ਮੀਂਹ ਕਾਰਨ ਸਕੂਲਾਂ ਦੇ ਖੁੱਲ੍ਹਣ ਦੇ ਪਹਿਲੇ ਦਿਨ ਹੀ ਕਈ ਬੱਚੇ ਸਕੂਲ ਨਹੀਂ ਪਹੁੰਚ ਸਕੇ। ਦੂਜੇ ਪਾਸੇ, ਮੋਹਾਲੀ ਅਤੇ ਜਲੰਧਰ ਵਿੱਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਹੋਏ ਹਨ। ਮੋਹਾਲੀ ਦੇ ਕੁੱਝ ਇਲਾਕਿਆਂ ਦੇ ਵਿੱਚ ਹਲਕੀ ਫੁਲਕੀ ਕਣੀਆਂ ਦੇ ਨਾਲ ਮੌਸਮ ਹੋਰ ਸੁਹਾਵਨਾ ਹੋ ਗਿਆ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਮੁਕੇਰੀਆਂ, ਗੁਰਦਾਸਪੁਰ, ਹੁਸ਼ਿਆਰਪੁਰ, ਦਸੂਹਾ, ਪਠਾਨਕੋਟ ਅਤੇ ਧਾਰ ਕਲਾਂ ਵਿੱਚ ਆਕਾਸ਼ੀ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ 'ਯੈਲੋ ਅਲਰਟ' ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਵਿੱਚ ਮਾਨਸੂਨ ਦੇ ਪੰਜਾਬ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਦੁਪਹਿਰ 12 ਵਜੇ ਤੱਕ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ।
ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਫਿਰ ਵੀ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ ਅਜੇ ਵੀ 2.3 ਡਿਗਰੀ ਸੈਲਸੀਅਸ ਜ਼ਿਆਦਾ ਬਣਿਆ ਹੋਇਆ ਹੈ। ਮੰਗਲਵਾਰ ਨੂੰ ਫਰੀਦਕੋਟ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਪੰਜਾਬ-ਚੰਡੀਗੜ੍ਹ ਵਿੱਚ ਮਾਨਸੂਨ ਨੂੰ ਲੈ ਕੇ ਤਾਜ਼ਾ ਅਪਡੇਟਸ:
30 ਜੂਨ ਨੂੰ ਹਿਮਾਚਲ ਤੱਕ ਪਹੁੰਚਿਆ ਮਾਨਸੂਨ: ਮੌਸਮ ਵਿਭਾਗ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ 30 ਜੂਨ ਨੂੰ ਮੱਧ ਪ੍ਰਦੇਸ਼ ਦੇ ਕੁਝ ਹੋਰ ਹਿੱਸਿਆਂ, ਛੱਤੀਸਗੜ੍ਹ, ਝਾਰਖੰਡ ਅਤੇ ਬਿਹਾਰ ਦੇ ਬਾਕੀ ਭਾਗਾਂ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਉੱਤਰਾਖੰਡ ਦੇ ਜ਼ਿਆਦਾਤਰ ਖੇਤਰਾਂ ਅਤੇ ਹਿਮਾਚਲ ਪ੍ਰਦੇਸ਼ ਤੇ ਲੱਦਾਖ ਦੇ ਕੁਝ ਹਿੱਸਿਆਂ ਤੱਕ ਪਹੁੰਚ ਗਿਆ ਹੈ।
2-3 ਦਿਨਾਂ ਵਿੱਚ ਪੰਜਾਬ-ਚੰਡੀਗੜ੍ਹ ਪਹੁੰਚੇਗਾ ਮਾਨਸੂਨ: ਅਗਲੇ 2-3 ਦਿਨਾਂ ਦੌਰਾਨ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਇਸ ਦੌਰਾਨ ਮਾਨਸੂਨ ਉੱਤਰੀ ਅਰਬ ਸਾਗਰ, ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਮਨ-ਦੀਵ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਲੱਦਾਖ, ਜੰਮੂ-ਕਸ਼ਮੀਰ ਅਤੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਦੇ ਕੁਝ ਹਿੱਸਿਆਂ ਤੱਕ ਪਹੁੰਚ ਜਾਵੇਗਾ।
3 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ: ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 2 ਤੋਂ 4 ਜੁਲਾਈ ਅਤੇ 6 ਜੁਲਾਈ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 2 ਤੋਂ 6 ਜੁਲਾਈ ਦੌਰਾਨ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।