Punjab Weather: ਸਾਵਧਾਨ! ਪੰਜਾਬ 'ਚ ਬਦਲਣ ਵਾਲਾ ਹੈ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਤੇਜ਼ ਹਵਾਵਾਂ-ਹਨੇਰੀ ਸਣੇ ਮੀਂਹ ਦੀ ਕੀਤੀ ਭਵਿੱਖਬਾਣੀ
ਸੋਮਵਾਰ ਯਾਨੀਕਿ 23 ਮਾਰਚ ਨੂੰ ਦੁਪਹਿਰ ਤੋਂ ਬਾਅਦ ਇੱਕ ਦਮ ਤਾਪਮਾਨ ਵੱਧ ਗਿਆ, ਜਿਸ ਨਾਲ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣ ਲੱਗ ਪਿਆ। ਜੇਕਰ ਤੁਹਾਨੂੰ ਲੱਗ ਰਿਹਾ ਹੈ ਕਿ ਮਾਰਚ ਵਿੱਚ ਮੀਂਹ ਦਾ ਸਿਲਸਿਲਾ ਖ਼ਤਮ ਹੋ ਗਿਆ ਹੈ, ਤਾਂ ਤੁਹਾਡੀ ਇਹ ਗਲਤਫ਼ਹਿਮੀ ਜਲਦ ਹੀ ਦੂਰ ਹੋਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ, ਤਿੰਨ ਹੋਰ ਸਰਗਰਮ ਵੈਸਟਨ ਡਿਸਟਰਬਨ (Western Disturbances) ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਹਨੇਰੀ ਦਾ ਦੌਰ ਫਿਰ ਤੋਂ ਸ਼ੁਰੂ ਹੋਣ ਵਾਲਾ ਹੈ।
ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਵਾਰਨਿੰਗ
ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਵਿੱਚ 26 ਮਾਰਚ ਨੂੰ ਅਤੇ ਰਾਜਸਥਾਨ ਵਿੱਚ 28 ਮਾਰਚ ਨੂੰ ਮੀਂਹ ਪੈਣ ਦਾ ਅਨੁਮਾਨ ਹੈ। ਇਸ ਦੌਰਾਨ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ-ਚਮਕ ਦੇ ਨਾਲ ਬਾਰਿਸ਼ ਹੋਵੇਗੀ। ਹਿਮਾਲੀਅਨ ਖੇਤਰਾਂ ਜਿਵੇਂ ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 29 ਮਾਰਚ ਨੂੰ ਹਲਕੀ ਤੋਂ ਤੇਜ਼ ਬਾਰਿਸ਼ ਦੇਖਣ ਨੂੰ ਮਿਲੇਗੀ।
ਇੰਨਾ ਹੀ ਨਹੀਂ, 29 ਮਾਰਚ ਨੂੰ ਇੱਕ ਵਾਰ ਫਿਰ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਚੰਡੀਗੜ੍ਹ ਤੋਂ ਲੈ ਕੇ ਪੰਜਾਬ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਵੱਲੋਂ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ 2-3 ਦਿਨਾਂ ਵਿੱਚ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ।
ਤੇਜ਼ ਹਵਾਵਾਂ: ਸੂਬੇ ਦੇ ਕਈ ਹਿੱਸਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਗਰਜ-ਚਮਕ ਤੇ ਮੀਂਹ: ਮਾਲਵਾ ਅਤੇ ਮਾਝਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
ਤਾਪਮਾਨ ਵਿੱਚ ਗਿਰਾਵਟ: ਮੀਂਹ ਅਤੇ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2°C ਤੋਂ 4°C ਤੱਕ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੇਗੀ।
ਪੰਜਾਬ ਵਿੱਚ ਮੌਸਮ ਦਾ ਹਾਲ
ਪੰਜਾਬ ਵਿੱਚ ਇਨ੍ਹੀਂ ਦਿਨੀਂ ਧੁੱਪ ਤੇਜ਼ ਹੋਣ ਕਾਰਨ ਗਰਮੀ ਦਾ ਅਸਰ ਲਗਾਤਾਰ ਵਧਦਾ ਦਿਖਾਈ ਦੇ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 30°C ਤੱਕ ਪਹੁੰਚ ਗਿਆ ਹੈ, ਜਿਸ ਨੂੰ ਆਮ ਪੱਧਰ ਦੇ ਨੇੜੇ ਮੰਨਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਫਿਲਹਾਲ ਰਾਜ ਵਿੱਚ ਮੌਸਮ ਖੁਸ਼ਕ ਬਣਿਆ ਰਹੇਗਾ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
26 ਮਾਰਚ ਲਈ ਮੌਸਮ ਦਾ ਅਲਰਟ
ਹਾਲਾਂਕਿ, 26 ਮਾਰਚ ਨੂੰ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਇਸ ਦਿਨ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਇਹ ਬਦਲਾਅ ਵਧਦੀ ਗਰਮੀ ਤੋਂ ਕੁਝ ਰਾਹਤ ਤਾਂ ਦੇ ਸਕਦਾ ਹੈ, ਪਰ ਤੇਜ਼ ਹਵਾਵਾਂ ਕਾਰਨ ਸਾਵਧਾਨ ਰਹਿਣ ਦੀ ਵੀ ਲੋੜ ਹੈ।
ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ ਦਾ ਹਾਲ
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਗਰਮੀ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਰੂਪਨਗਰ, ਚੰਡੀਗੜ੍ਹ ਅਤੇ ਪਟਿਆਲਾ ਵਰਗੇ ਖੇਤਰਾਂ ਵਿੱਚ ਤਾਪਮਾਨ 29 ਤੋਂ 30 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵੀ ਗਰਮੀ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਦਿਨ ਵੇਲੇ ਲੋਕਾਂ ਨੂੰ ਤੇਜ਼ ਧੁੱਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਉਣ ਵਾਲੇ ਦਿਨਾਂ ਵਿੱਚ ਹੋਰ ਵਧੇਗੀ ਗਰਮੀ
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ, ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3°C ਤੋਂ 5°C ਤੱਕ ਦਾ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਸਥਿਰਤਾ ਆਉਣ ਦੀ ਸੰਭਾਵਨਾ ਹੈ। ਦੂਜੇ ਪਾਸੇ, 25 ਤੋਂ 29 ਮਾਰਚ ਦੇ ਦਰਮਿਆਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਤਿੱਖੀ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੇ ਆਸਾਰ ਹਨ।