ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਤਾਪਮਾਨ ਵਿੱਚ ਇੱਕ ਡਿਗਰੀ ਦੀ ਹੋਰ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਹੁਣ ਆਮ ਨਾਲੋਂ 6.4 ਡਿਗਰੀ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 5 ਅਤੇ 6 ਮਈ ਨੂੰ ਗਰਜ-ਚਮਕ, ਮੀਂਹ ਅਤੇ ਬਿਜਲੀ ਕੜਕਣ ਦੇ ਨਾਲ ਤੇਜ਼ ਹਵਾਵਾਂ ਚੱਲਣ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ। ਪੂਰੇ ਸੂਬੇ ਵਿੱਚੋਂ ਬਠਿੰਡਾ ਵਿੱਚ ਸਭ ਤੋਂ ਵੱਧ 36.7 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ ਹੈ।
ਇਹ ਵਾਲੇ ਜ਼ਿਲ੍ਹਿਆਂ 'ਚ ਮੀਂਹ ਨੂੰ ਲੈ ਕੇ ਅਲਰਟ ਜਾਰੀ
ਅੱਜ ਪੰਜਾਬ ਦੇ ਅੱਠ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 14 ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ, ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਡਿੱਗਿਆ ਪਾਰਾ
ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਕੋਈ ਵੀ ਜ਼ਿਲ੍ਹਾ ਅਜਿਹਾ ਨਹੀਂ ਰਿਹਾ ਜਿੱਥੇ ਪਾਰਾ 40 ਡਿਗਰੀ ਤੱਕ ਪਹੁੰਚਿਆ ਹੋਵੇ, ਜਦਕਿ 13 ਜ਼ਿਲ੍ਹਿਆਂ ਵਿੱਚ ਤਾਪਮਾਨ 31 ਤੋਂ 35 ਡਿਗਰੀ ਦੇ ਵਿਚਕਾਰ ਰਿਹਾ। ਬਠਿੰਡਾ ਏਅਰਪੋਰਟ ਵਿੱਚ ਸਭ ਤੋਂ ਵੱਧ 36.7 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ ਅਤੇ ਫਰੀਦਕੋਟ ਵਿੱਚ ਇਹ 36.3 ਡਿਗਰੀ ਰਿਹਾ। ਚੰਡੀਗੜ੍ਹ ਦੀ ਗੱਲ ਕਰੀਏ ਤਾਂ ਉੱਥੇ ਤਾਪਮਾਨ 31.7 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ 24 ਘੰਟਿਆਂ ਵਿੱਚ 1.5 ਡਿਗਰੀ ਘੱਟ ਹੈ।
ਅੰਮ੍ਰਿਤਸਰ ਵਿੱਚ ਤਾਪਮਾਨ 31.9 ਡਿਗਰੀ ਦਰਜ ਕੀਤਾ ਗਿਆ, ਜਿੱਥੇ 0.9 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਲੁਧਿਆਣਾ ਵਿੱਚ ਪਾਰਾ 31.8 ਡਿਗਰੀ ਰਿਹਾ, ਜੋ ਕਿ 1.6 ਡਿਗਰੀ ਘਟਿਆ ਹੈ। ਪਟਿਆਲਾ ਵਿੱਚ 32 ਡਿਗਰੀ ਤਾਪਮਾਨ ਰਿਕਾਰਡ ਹੋਇਆ, ਜਿੱਥੇ ਪਿਛਲੇ 24 ਘੰਟਿਆਂ ਵਿੱਚ 2.6 ਡਿਗਰੀ ਦੀ ਕਮੀ ਆਈ। ਇਸੇ ਤਰ੍ਹਾਂ ਪਠਾਨਕੋਟ ਵਿੱਚ ਤਾਪਮਾਨ 31.6 ਡਿਗਰੀ ਦਰਜ ਕੀਤਾ ਗਿਆ, ਜਦਕਿ ਗੁਰਦਾਸਪੁਰ ਵਿੱਚ ਪਾਰਾ 31 ਡਿਗਰੀ ਰਿਹਾ, ਜਿੱਥੇ 2.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਅਗਲੇ ਦੋ ਦਿਨਾਂ ਨੂੰ ਲੈ ਕੇ ਵੀ ਮੀਂਹ ਦਾ ਅਲਰਟ
ਅਗਲੇ ਦੋ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਅੱਜ 5 ਮਈ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਜਦਕਿ 6 ਅਤੇ 7 ਮਈ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ। ਅਗਲੇ 48 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ, ਪਰ ਉਸ ਤੋਂ ਬਾਅਦ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦਾ ਅਨੁਮਾਨ ਹੈ। 7 ਮਈ ਨੂੰ ਕੁਝ ਥਾਵਾਂ 'ਤੇ ਗਰਜ-ਚਮਕ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦਕਿ 6 ਮਈ ਨੂੰ ਕਈ ਹਿੱਸਿਆਂ ਵਿੱਚ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦੀ ਸੰਭਾਵਨਾ ਹੈ।