ਪੰਜਾਬ ਵਿੱਚ ਲੋਹੜੀ ਦੇ ਤਿਉਹਾਰ ਮੌਕੇ ਕੜਾਕੇ ਦੀ ਠੰਡ ਨੇ ਜ਼ੋਰ ਫੜ੍ਹ ਲਿਆ ਹੈ। ਮੌਸਮ ਵਿਭਾਗ ਵੱਲੋਂ ਪਹਿਲੀ ਵਾਰ ਇਸ ਸੀਜ਼ਨ ਦੌਰਾਨ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਠੰਡ ਆਪਣੀ ਚਰਮ ਸੀਮਾ ‘ਤੇ ਪਹੁੰਚ ਚੁੱਕੀ ਹੈ ਅਤੇ 15 ਜਨਵਰੀ ਤੱਕ ਕੜਾਕੇ ਦੀ ਸਰਦੀ ਤੋਂ ਕੋਈ ਵੱਡੀ ਰਾਹਤ ਨਹੀਂ ਮਿਲੇਗੀ।
ਬਠਿੰਡਾ ਸਭ ਤੋਂ ਠੰਢਾ, ਤਾਪਮਾਨ 0.6 ਡਿਗਰੀ
ਠੰਡ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਕਾਫ਼ੀ ਹੇਠਾਂ ਡਿੱਗ ਗਿਆ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ ਹੈ। ਹਾਲਾਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਸਾਵਧਾਨੀ ਵਰਤਣ ਸੰਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।
9 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ, 12 ਵਿੱਚ ਸੰਘਣੀ ਧੁੰਦ
ਮੌਸਮ ਵਿਭਾਗ ਅਨੁਸਾਰ ਅੱਜ (13 ਜਨਵਰੀ) ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਸਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਵੀ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
17–18 ਜਨਵਰੀ ਨੂੰ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ 17 ਅਤੇ 18 ਜਨਵਰੀ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਸੁੱਕੀ ਠੰਡ ਤੋਂ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ 15 ਜਨਵਰੀ ਤੋਂ ਬਾਅਦ ਤਾਪਮਾਨ ਵਿੱਚ ਹੌਲੀ-ਹੌਲੀ 2 ਤੋਂ 4 ਡਿਗਰੀ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੀਂਹ ਨਾ ਪੈਣ ਕਾਰਨ ਇਸ ਸਮੇਂ ਸੁੱਕੀ ਅਤੇ ਕੜਾਕੇ ਦੀ ਸਰਦੀ ਪੈ ਰਹੀ ਹੈ। 15 ਜਨਵਰੀ ਨੂੰ ਪੱਛਮੀ ਹਿਮਾਲਈ ਖੇਤਰਾਂ ਵਿੱਚ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਸਕਦਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪਵੇਗਾ।
ਸਿਹਤ ਮੰਤਰੀ ਦੀ ਅਪੀਲ: 15 ਦਿਨ ਖ਼ਾਸ ਸਾਵਧਾਨੀ ਜ਼ਰੂਰੀ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਹੈ ਕਿ ਅਗਲੇ ਕਰੀਬ 15 ਦਿਨ ਤੱਕ ਕੜਾਕੇ ਦੀ ਠੰਡ ਅਤੇ ਸ਼ੀਤ ਲਹਿਰ ਜਾਰੀ ਰਹਿ ਸਕਦੀ ਹੈ। ਉਨ੍ਹਾਂ ਨੇ ਬਜ਼ੁਰਗਾਂ, ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਲੋਕਾਂ ਨੂੰ ਗਰਮ ਕੱਪੜੇ ਪਹਿਨਣ, ਸਵੇਰੇ ਜਲਦੀ ਸੈਰ ਕਰਨ ਤੋਂ ਬਚਣ ਅਤੇ ਕਮਰਿਆਂ ਵਿੱਚ ਅੰਗੀਠੀ ਜਲਾ ਕੇ ਖਿੜਕੀਆਂ ਬੰਦ ਕਰਕੇ ਨਾ ਸੌਣ ਦੀ ਚੇਤਾਵਨੀ ਵੀ ਦਿੱਤੀ ਹੈ।