Punjab sarpanches, panches now need govt nod to fly abroad, ਹੁਣ ਬਿਨਾਂ ਮਨਜ਼ੂਰੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ
ਪੰਜਾਬ ਸਰਕਾਰ ਨੇ ਪਿੰਡ ਪੱਧਰ ਦੇ ਪ੍ਰਸ਼ਾਸਨ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਸਰਪੰਚਾਂ ਦੀ ਵਿਦੇਸ਼ ਯਾਤਰਾ 'ਤੇ ਨਵਾਂ ਨਿਯਮ ਲਾਗੂ ਕਰ ਦਿੱਤਾ ਹੈ। ਹੁਣ ਕੋਈ ਵੀ ਸਰਪੰਚ ਬਿਨਾਂ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਵਿਦੇਸ਼ ਨਹੀਂ ਜਾ ਸਕੇਗਾ।
ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਕਈ ਸਰਪੰਚ ਬਿਨਾਂ ਸੂਚਨਾ ਦਿੱਤੇ ਵਿਦੇਸ਼ ਯਾਤਰਾ ’ਤੇ ਚਲੇ ਜਾਂਦੇ ਸਨ, ਜਿਸ ਨਾਲ ਪਿੰਡਾਂ ਦੇ ਵਿਕਾਸ ਕਾਰਜ ਅਤੇ ਅਧਿਕਾਰਕ ਮੀਟਿੰਗਾਂ ਪ੍ਰਭਾਵਿਤ ਹੋ ਰਹੀਆਂ ਸਨ।
ਪੰਚਾਇਤੀ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸੰਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਹੁਣ ਜੇਕਰ ਕੋਈ ਸਰਪੰਚ ਨਿਜੀ ਜਾਂ ਸਰਕਾਰੀ ਕਾਰਜ ਲਈ ਵਿਦੇਸ਼ ਜਾਣਾ ਚਾਹੇਗਾ, ਤਾਂ ਉਸਨੂੰ ਪਹਿਲਾਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।

ਪੱਤਰ ਅਨੁਸਾਰ ਸਰਪੰਚ ਤੇ ਪੰਚ ਦੀ ਵਿਦੇਸ਼ ਜਾਣ ਲਈ ਛੁੱਟੀ ਮਨਜ਼ੂਰ ਕਰਨ ਲਈ ਸਮਰੱਥ ਅਧਿਕਾਰੀ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਹੋਵੇਗਾ। ਆਮ ਹਾਲਾਤ ’ਚ ਸਰਪੰਚ ਤੇ ਪੰਚ ਨੂੰ ਵਿਦੇਸ਼ ਜਾਣ ਤੋਂ ਮਹੀਨਾ ਪਹਿਲਾਂ ਛੁੱਟੀ ਅਧਿਕਾਰੀ ਕੋਲ ਪੇਸ਼ ਕਰਨੀ ਹੋਵੇਗੀ। ਜੇ ਐਮਰਜੈਂਸੀ ’ਚ ਵਿਦੇਸ਼ ਜਾਣਾ ਪੈਂਦਾ ਹੈ ਤਾਂ ਵੀ ਉਹ ਸਮਰੱਥ ਅਥਾਰਿਟੀ ਨੂੰ ਬਿਨਾਂ ਇਤਲਾਹ ਕੀਤੇ ਵਿਦੇਸ਼ ਨਹੀਂ ਜਾ ਸਕੇਗਾ।
ਵਿਭਾਗੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਪਿੰਡ ਪੱਧਰ 'ਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਵਿਚ ਸੁਧਾਰ ਆਵੇਗਾ ਅਤੇ ਸਰਪੰਚਾਂ ਦੀ ਹਾਜ਼ਰੀ ਯਕੀਨੀ ਬਣੇਗੀ।
ਦੱਸ ਦਈਏ ਕਿ ਪੰਜਾਬ ’ਚ ਇਸ ਵੇਲੇ 13,238 ਸਰਪੰਚ ਅਤੇ 83,437 ਪੰਚਾਇਤ ਮੈਂਬਰ ਹਨ। ਕਾਫ਼ੀ ਗਿਣਤੀ ਵਿੱਚ ਸਰਪੰਚਾਂ ਦੇ ਧੀਆਂ-ਪੁੱਤ ਵਿਦੇਸ਼ ’ਚ ਹਨ ਜਿਨ੍ਹਾਂ ਕੋਲ ਸਰਪੰਚਾਂ ਦਾ ਆਉਣਾ-ਜਾਣਾ ਆਮ ਹੈ। ਮਹਿਕਮੇ ਨੇ ਪਹਿਲੀ ਵਾਰ ਅਜਿਹੀ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ ਪੰਚਾਂ ਲਈ ਵਿਦੇਸ਼ ਜਾਣ ਦੀ ਛੁੱਟੀ ਲਾਜ਼ਮੀ ਕਰਾਰ ਦਿੱਤੀ ਗਈ ਹੈ। ਪਰ ਹਾਲੇ ਇਹ ਸਪੱਸ਼ਟ ਨਹੀਂ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੇਅਰਮੈਨਾਂ ਜਾਂ ਮੈਂਬਰਾਂ ਲਈ ਵੀ ਪਹਿਲਾਂ ਛੁੱਟੀ ਲੈਣੀ ਲਾਜ਼ਮੀ ਹੋਵੇਗੀ ਜਾਂ ਨਹੀਂ।
ਸਰਕਾਰ ਦਾ ਮਕਸਦ
ਇਸ ਕਦਮ ਨਾਲ ਜਿੱਥੇ ਗੈਰ-ਜ਼ਿੰਮੇਵਾਰੀਆਂ 'ਤੇ ਰੋਕ ਲੱਗੇਗੀ, ਉੱਥੇ ਹੀ ਪਿੰਡਾਂ ਦੇ ਵਿਕਾਸ ਪ੍ਰਾਜੈਕਟ ਵੀ ਸਮੇਂ 'ਤੇ ਪੂਰੇ ਹੋ ਸਕਣਗੇ।