ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਜੇਲ੍ਹ ਅੰਦਰ ਸਥਿਤੀ ਕੁਝ ਸਮੇਂ ਲਈ ਤਣਾਅਪੂਰਨ ਬਣ ਗਈ।
ਜਾਣਕਾਰੀ ਮਿਲਦੇ ਹੀ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਸਥਿਤੀ ਨੂੰ ਕਾਬੂ ਵਿੱਚ ਲਿਆ। ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਦੀ ਸਾਂਝੀ ਕੋਸ਼ਿਸ਼ ਨਾਲ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਗਈ।
ਝੜਪ ਤੋਂ ਬਾਅਦ ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।
ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਆਦਿੱਤਿਆ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਮੁਸਤੈਦ ਹਨ।