ਤਰਨਤਾਰਨ ਵਿੱਚ ਰਿਸ਼ਵਤ ਲੈਣ ਦੇ ਗੰਭੀਰ ਮਾਮਲੇ ਵਿੱਚ ਪੁਲਿਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਨਸ਼ੇ ਦੇ ਕੇਸ ਵਿੱਚ ਝੂਠਾ ਫਸਾਉਣ ਦਾ ਡਰਾਵਾ ਦੇ ਕੇ ਇੱਕ ਔਰਤ ਕੋਲੋਂ 3 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਆਈਏ ਸਟਾਫ ਵਿੱਚ ਤਾਇਨਾਤ ASI ਵਿਨੋਦ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦਕਿ ਇਸ ਮਾਮਲੇ ਵਿੱਚ ਸ਼ਾਮਲ ਸਰਪੰਚ ਸਤਨਾਮ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ASI ਵਿਨੋਦ ਕੁਮਾਰ ਵੱਲੋਂ ਡਰੱਗ ਪੈਡਲਰ ਦੀ ਸਾਥੀ ਇੱਕ ਔਰਤ ਨੂੰ ਡਰਾ-ਧਮਕਾ ਕੇ ਸਰਪੰਚ ਸਤਨਾਮ ਸਿੰਘ ਰਾਹੀਂ 3 ਲੱਖ 20 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਗਈ ਅਤੇ ਬਾਅਦ ਵਿੱਚ ਉਸ ਔਰਤ ਨੂੰ ਛੱਡ ਦਿੱਤਾ ਗਿਆ।
ਸ਼ਿਕਾਇਤ ਦੀ ਜਾਂਚ ਉਪਰੰਤ ਪੁਲਿਸ ਵੱਲੋਂ ASI ਵਿਨੋਦ ਕੁਮਾਰ ਅਤੇ ਸਰਪੰਚ ਸਤਨਾਮ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਾਰਵਾਈ ਦੌਰਾਨ ਸਰਪੰਚ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ASI ਵਿਨੋਦ ਕੁਮਾਰ ਫਿਲਹਾਲ ਫ਼ਰਾਰ ਦੱਸਿਆ ਜਾ ਰਿਹਾ ਹੈ।
ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।