ਬੁੱਧਵਾਰ ਨੂੰ ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਨਾਲ ਸੜਕ, ਰੇਲ ਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤੀ ਹੈ ।ਧੁੰਦ ਕਾਰਨ ਲੁਧਿਆਣਾ ਦੇ ਜਗਰਾਉਂ ਇਲਾਕੇ ‘ਚ ਸਿੱਧਵਾ ਬੇਟ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਦੋ ਮਾਸੂਮ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੰਜ ਸਾਲਾ ਗੋਪਾਲ ਅਤੇ ਸੱਤ ਸਾਲਾ ਪਿੰਕੀ ਵਜੋਂ ਹੋਈ ਹੈ, ਜੋ ਭੈਣ-ਭਰਾ ਸਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰੱਖ ਦਿੱਤਾ ਹੈ। ਟਰੱਕ ਡਰਾਈਵਰ ਘਟਨਾ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ, ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ 1 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਵਿਜ਼ੀਬਲਿਟੀ ਬਹੁਤ ਘੱਟ ਦਰਜ ਕੀਤੀ ਗਈ। ਅੰਮ੍ਰਿਤਸਰ, ਆਦਮਪੁਰ, ਹਲਵਾਰਾ ਅਤੇ ਪਠਾਨਕੋਟ ਵਿੱਚ ਦ੍ਰਿਸ਼ਟੀ 0 ਮੀਟਰ ਤੱਕ ਰਹੀ, ਜਦਕਿ ਗੁਰਦਾਸਪੁਰ ਅਤੇ ਲੁਧਿਆਣਾ ਵਿੱਚ 10 ਮੀਟਰ, ਪਟਿਆਲਾ ਵਿੱਚ 20 ਮੀਟਰ ਅਤੇ ਬਠਿੰਡਾ ਵਿੱਚ 50 ਮੀਟਰ ਤੋਂ ਘੱਟ ਦਰਜ ਕੀਤੀ ਗਈ। ਇਸ ਕਾਰਨ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ‘ਤੇ ਕਈ ਉਡਾਣਾਂ ਦੇਰੀ ਨਾਲ ਚੱਲੀਆਂ।
ਉਧਰ, ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲ੍ਹੇ ਦੀਆਂ ਉੱਚੀਆਂ ਚੋਟੀਆਂ ‘ਤੇ ਬਰਫ਼ਬਾਰੀ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਨੇ ਅਗਲੇ 72 ਘੰਟਿਆਂ ਦੌਰਾਨ ਚੰਬਾ, ਕਾਂਗੜਾ, ਕੁੱਲੂ, ਕਿਨੌਰ ਅਤੇ ਲਾਹੌਲ-ਸਪੀਤੀ ਦੀਆਂ ਉੱਚੀਆਂ ਚੋਟੀਆਂ ‘ਤੇ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਸ਼ਿਮਲਾ, ਸੋਲਨ ਅਤੇ ਸਿਰਮੌਰ ਸਮੇਤ ਹੋਰ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਰਹਿ ਸਕਦੀ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨੀ ਵਰਤਣ, ਬਿਨਾਂ ਲੋੜ ਯਾਤਰਾ ਤੋਂ ਬਚਣ ਅਤੇ ਵਾਹਨ ਚਲਾਉਂਦੇ ਸਮੇਂ ਧੀਮੀ ਰਫ਼ਤਾਰ ਰੱਖਣ ਦੀ ਅਪੀਲ ਕੀਤੀ ਹੈ।