ਮਾਨਸਾ ਜ਼ਿਲ੍ਹੇ ਦੇ ਬਰੇਟਾ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 2 ਨੌਜਵਾਨ ਮੋਟਰਸਾਈਕਲ ਸਵਾਰਾਂ ਅਤੇ ਇੱਕ ਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਬਰੇਟਾ ਨੇੜੇ ਪਿੰਡ ਬਖਸ਼ੀਵਾਲਾ ਕੋਲ ਵਾਪਰਿਆ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਬਖਸ਼ੀਵਾਲਾ ਦੇ ਰਹਿਣ ਵਾਲੇ ਚਚੇਰੇ ਭਰਾ ਤਾਰੀ ਸਿੰਘ ਅਤੇ ਬੂਟਾ ਸਿੰਘ ਮੋਟਰਸਾਈਕਲ ’ਤੇ ਕਿਸੇ ਕੰਮ ਲਈ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਪਿਕਅੱਪ ਬੋਲੈਰੋ ਗੱਡੀ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਸਮੇਂ ਨੇੜੇ ਹੀ ਸਾਈਕਲ ’ਤੇ ਜਾ ਰਿਹਾ ਇੱਕ ਹੋਰ ਵਿਅਕਤੀ ਵੀ ਇਸ ਟੱਕਰ ਦੀ ਚਪੇਟ ਵਿੱਚ ਆ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਤਿੰਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਿਰਮਲ ਸਿੰਘ ਤੇ ਰਘੁਵੀਰ ਸਿੰਘ ਨੇ ਦੱਸਿਆ ਕਿ ਤਾਰੀ ਸਿੰਘ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਭਾਰਤ ਵਾਪਸ ਆਇਆ ਸੀ। ਉਸਦਾ ਵਿਆਹ ਜਲਦੀ ਹੋਣਾ ਸੀ ਅਤੇ ਉਹ ਵਿਆਹ ਦੀ ਤਿਆਰੀ ਲਈ ਘਰ ਆਇਆ ਹੋਇਆ ਸੀ। ਬੂਟਾ ਸਿੰਘ ਵਿਆਹਿਆ ਹੋਇਆ ਸੀ ਅਤੇ ਘਰ ਦਾ ਸਹਾਰਾ ਸੀ। ਅਚਾਨਕ ਵਾਪਰੇ ਇਸ ਹਾਦਸੇ ਨੇ ਦੋਵੇਂ ਪਰਿਵਾਰਾਂ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ।
ਬਰੇਟਾ ਥਾਣੇ ਦੇ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਹਾਦਸੇ ਦੇ ਕਾਰਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।