Trending:
ਸ੍ਰੀ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਕੁਤਾਹੀ ਵਰਤਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਪੰਜਾਬ ਸਰਕਾਰ ਨੇ ਰੋਪੜ 'ਚ ਆਰ.ਟੀ.ਓ. ਵਜੋਂ ਤਾਇਨਾਤ ਪੀ.ਸੀ.ਐੱਸ. ਅਧਿਕਾਰੀ ਗੁਰਵਿੰਦਰ ਸਿੰਘ ਜੌਹਲ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਏ.ਕੇ. ਸਿਨਹਾ ਨੇ ਪੱਤਰ ਵੀ ਜਾਰੀ ਕਰ ਦਿੱਤਾ ਹੈ ।
ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਵਿੱਚ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਸੀ। ਪਿੰਡਾਂ ਵਿਚ ਸੰਗਤ ਲਈ ਬੱਸ ਸਰਵਿਸ ਲਾਈ ਗਈ ਸੀ ਪਰ ਬੱਸ ਦੀ ਸਰਵਿਸ ਲੋਕਾਂ ਨੂੰ ਸਹੀ ਤਰੀਕੇ ਨਾਲ ਮੁਹੱਈਆ ਨਹੀਂ ਕਰਵਾਈ ਗਈ, ਜਿਸ ਕਰਕੇ ਸੰਗਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸੇ ਦੇ ਮੱਦੇਨਜ਼ਰ ਅਫ਼ਸਰ ਗੁਰਵਿੰਦਰ ਸਿੰਘ ਜੌਹਲ ਨੂੰ ਸਸਪੈਂਡ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਦਰਜ ਉਪਬੰਧਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਮੁਅੱਤਲੀ ਸਮੇਂ ਦੌਰਾਨ ਇਸ ਅਧਿਕਾਰੀ ਦਾ ਹੈੱਡਕੁਆਰਟਰ, ਚੰਡੀਗੜ੍ਹ ਵਿੱਚ ਹੋਵੇਗਾ ਅਤੇ ਉਹ ਸਮਰੱਥ ਅਥਾਰਿਟੀ ਦੀ ਪੂਰਵ ਪ੍ਰਵਾਨਗੀ ਤੋਂ ਬਗੈਰ ਆਪਣਾ ਹੈੱਡਕੁਆਰਟਰ ਨਹੀਂ ਛੱਡਣਗੇ।