ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਮਾਛੀਵਾੜਾ ਸਾਹਿਬ ਵਿਖੇ 22, 23 ਅਤੇ 24 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਸਬ-ਡਿਵੀਜ਼ਨਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਨੂੰ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸਮੂਹ ਸੰਗਤ ਵੱਲੋਂ ਮਾਛੀਵਾੜਾ ਸਾਹਿਬ 'ਚ ਮੀਟ ਦੀਆਂ ਦੁਕਾਨਾਂ, ਸ਼ਰਾਬ ਦੇ ਠੇਕੇ ਅਤੇ ਤੰਬਾਕੂ ਬੀੜੀ ਸਿਗਰਟਾਂ ਦੀਆਂ ਦੁਕਾਨਾਂ ਨੂੰ ਪੂਰਨ ਤੌਰ ਤੇ ਬੰਦ ਕਰਾਉਣ ਸਬੰਧੀ ਐਸਡੀਐਮ ਸਮਰਾਲਾ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਦੌਰਾਨ ਭਾਈ ਜਸਪਾਲ ਸਿੰਘ ਪਵਾਤ ਨੇ ਆਖਿਆ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਅਤੇ ਪੰਜਾਬ ਦੇ ਕੋਨੇ ਕੋਨੇ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਪਹੁੰਚਦੀਆਂ ਹਨ। ਪੁੱਜਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਅਤੇ ਸ਼ਹੀਦੀ ਸਭਾ ਦੀ ਧਾਰਮਿਕ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਮਾਛੀਵਾੜਾ ਸ਼ਹਿਰ ਵਿੱਚ ਸ਼ਰਾਬ ਦੇ ਠੇਕੇ ਮੀਟ ਦੀਆਂ ਦੁਕਾਨਾਂ ਅਤੇ ਬੀੜੀ ਸਿਗਰਟ ਤੰਬਾਕੂ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਸਬੰਧੀ ਐਸਡੀਐਮ ਸਮਰਾਲਾ ਨੂੰ ਮੰਗ ਪੱਤਰ ਦਿੱਤਾ ਹੈ। ਭਾਈ ਜਸਪਾਲ ਸਿੰਘ ਪਵਾਤ ਨੇ ਆਖਿਆ ਕਿ ਪ੍ਰਸ਼ਾਸਨ ਕੋਲੋਂ ਇਹ ਵੀ ਮੰਗ ਰੱਖੀ ਗਈ ਹੈ ਕਿ ਸ਼ਹੀਦੀ ਸਭਾ ਦੇ ਏਰੀਏ ਵਿੱਚ ਝੂਲੇ, ਸਰਕਸ ਅਤੇ ਡਾਂਸ ਨੂੰ ਦਿਖਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਵੇ।
ਉਹਨਾਂ ਕਿਹਾ ਕਿ ਸ਼ਹੀਦੀ ਜੋੜ ਮੇਲੇ ਦੌਰਾਨ ਕੋਈ ਸ਼ਰਾਰਤੀ ਅਨਸਰ, ਹੁੱਲੜਬਾਜ, ਜਾਂ ਕੋਈ ਵੀ ਟਰੈਕਟਰਾਂ ਉੱਤੇ ਉੱਚੀ ਉੱਚੀ ਗਾਣੇ ਲਗਾ ਕੇ ਆਉਂਦੇ ਹਨ, ਉਹਨਾਂ ਨੂੰ ਨਹੀਂ ਬਖਸ਼ਿਆ ਜਾਵੇਗਾ। ਭਾਈ ਜਸਪਾਲ ਸਿੰਘ ਪਵਾਤ ਨੇ ਕਿਹਾ ਕਿ ਪ੍ਰਸ਼ਾਸਨ ਇਸ ਕੰਮ ਵਿੱਚ ਸਾਡਾ ਪੂਰਨ ਤੌਰ ਤੇ ਸਹਿਯੋਗ ਦੇਵੇ ਜੇ ਕੋਈ ਵੀ ਅਨਸਰ ਸ਼ਰਾਬ ਪੀ ਕੇ ਮੇਲੇ ਵਿੱਚ ਆਵੇਗਾ ਤਾਂ ਉਸ ਉਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।