ਸੰਗਰੂਰ:-ਪੰਜਾਬ ਵਿੱਚ ਬਲਾਕ ਸੰਮਤੀ, ਜ਼ਿਲ੍ਹਾ ਪਰਿਸ਼ਦ ਚੋਣਾਂ ਜਿੱਤਣ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ੁੱਕਰਵਾਰ ਨੂੰ ਆਪਣੇ ਜ਼ੱਦੀ ਪਿੰਡ ਸਤੌਜ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਕਦੇ ਵੀ ਆਪਣੇ ਪਿੰਡ ਵਿੱਚ ਰਾਜਨੀਤਿਕ ਭਾਸ਼ਣ ਦੇਣ ਨਹੀਂ ਆਏ। ਉਨ੍ਹਾਂ ਨੇ ਕਿਹਾ, “ਨਾ ਮੈਂ ਇੱਥੇ ਕਦੇ ਲੀਡਰ ਬਣ ਕੇ ਆਇਆ ਹਾਂ ਅਤੇ ਨਾ ਹੀ ਮੁੱਖ ਮੰਤਰੀ ਬਣ ਕੇ ਆਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਨੇ ਪਿੰਡ ਦੇ ਲੋਕਾਂ ਨਾਲ ਖੁੱਲ੍ਹ ਕੇ ਗੱਲਾਂ ਕੀਤੀਆਂ, ਜਿਸ ਤੋਂ ਬਾਅਦ ਉਹਨਾਂ ਕਿਹਾ ਮੈਂਨੂੰ ਬਹੁਤ ਚੰਗਾ ਲੱਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਮੈਗਾ ਪੀਟੀਐਮ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਮਾਪਿਆਂ ਨੂੰ ਇਸ ਵਿੱਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਗਾ ਪੀਟੀਐਮ ਦੇ ਜ਼ਰੀਏ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ, ਪ੍ਰਗਤੀ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਮੌਕਾ ਮਿਲਦਾ ਹੈ।
ਇਸ ਦੌਰਾਨ ਮਨਰੇਗਾ ਦਾ ਨਾਮ ਬਦਲਣ ਦੇ ਮਸਲੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਨਾਮ ਬਦਲਣ ਦੀ ਗੱਲ ਨਹੀਂ, ਸਗੋਂ ਗਰੀਬਾਂ ਦੇ ਰੁਜ਼ਗਾਰ ‘ਤੇ ਸਿੱਧਾ ਡਾਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਨਰੇਗਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਬਿਜਲੀ ਸੋਧ ਬਿੱਲ 2025 ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਲੋਕਾਂ ਅਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਬਿਜਲੀ ਸੋਧ ਬਿੱਲ 2025 ਦਾ ਡਟ ਕੇ ਵਿਰੋਧ ਕਰਦੀ ਹੈ।