Trending:
ਸਾਊਦੀ ਅਰਬ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕੀ ਹਾਦਸਾ ਵਾਪਰਿਆ ਹੈ । ਇਸ ਦਰਦਨਾਕ ਹਾਦਸੇ ਵਿੱਚ ਕਰੀਬ 42 ਭਾਰਤੀ ਸ਼ਰਧਾਲੂਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ । ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੱਕਾ ਤੋਂ ਮਦੀਨਾ ਜਾ ਰਹੀ ਇੱਕ ਬੱਸ ਮੁਫ਼ਰੀਹਾਟ ਇਲਾਕੇ ਵਿੱਚ ਇੱਕ ਡੀਜ਼ਲ ਟੈਂਕਰ ਨਾਲ ਟਕਰਾ ਗਈ । ਬੱਸ ਵਿੱਚ ਸਵਾਰ ਸਾਰੇ ਯਾਤਰੀ ਹੈਦਰਾਬਾਦ ਦੇ ਵਸਨੀਕ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਔਰਤਾਂ, ਬੱਚੇ ਅਤੇ ਮਰਦ ਸ਼ਾਮਲ ਹਨ । ਇਨ੍ਹਾਂ ਵਿੱਚ 20 ਔਰਤਾਂ ਅਤੇ 11 ਬੱਚੇ ਸ਼ਾਮਲ ਹਨ ।
ਉਧਰ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ । ਉਨ੍ਹਾਂ ਨੇ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰਾਲੇ ਅਤੇ ਸਾਊਦੀ ਦੂਤਾਵਾਸ ਨਾਲ ਤਾਲਮੇਲ ਬਣਾਉਣ ਲਈ ਵੀ ਕਿਹਾ ਹੈ । ਸੂਬਾ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਸਕੱਤਰੇਤ ਵਿੱਚ ਇੱਕ ਕੰਟਰੋਲ ਰੂਮ ਵੀ ਸਥਾਪਤ ਕਰ ਦਿੱਤਾ ਹੈ, ਜਿੱਥੋਂ ਉਹ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਸਹਾਇਤਾ ਮੰਗ ਸਕਦੇ ਹਨ । ਸਰਕਾਰ ਨੇ ਦੋ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਹਨ ਤਾਂ ਜੋ ਪਰਿਵਾਰਾਂ ਨੂੰ ਫੌਰਨ ਸਹਾਇਤਾ ਮਿਲ ਸਕੇ ।
ਸਥਾਨਕ ਪ੍ਰਸ਼ਾਸਨ ਅਤੇ ਰੈਸਕਿਊ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ । ਕਈ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਓਵੈਸੀ ਨੇ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨੂੰ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਅਤੇ ਜ਼ਖਮੀਆਂ ਦਾ ਇਲਾਜ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ।