ਮੋਗਾ ਦੀ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਲੁਧਿਆਣਾ ਦੇ ਇੱਕ ਧਾਰਮਿਕ ਸਥਾਨ ਦੇ ਸੇਵਕ ਬਾਬਾ ਬਲਜਿੰਦਰ ਸਿੰਘ ਨੂੰ ਜ਼ਬਰ-ਜ਼ਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਦੀ ਕੈਦ ਅਤੇ 55 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਤੰਬਰ 2024 ਨਾਲ ਸੰਬੰਧਿਤ ਹੈ, ਜਿਸ ਵਿੱਚ ਭਾਰਤੀ ਦੰਡ ਸੰਹਿਤਾ ਦੀ ਧਾਰਾ 376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਸੀ।
ਅਦਾਲਤ ਵਿੱਚ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਜੱਜ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਲਗਾਏ ਗਏ ਦੋਸ਼ ਸਾਬਤ ਹੁੰਦੇ ਹਨ ਅਤੇ ਉਸਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਣੀ ਲਾਜ਼ਮੀ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਮਾਜ ਵਿੱਚ ਧਾਰਮਿਕ ਸਥਾਨਾਂ ਨਾਲ ਜੁੜੇ ਲੋਕਾਂ ਵੱਲੋਂ ਇਸ ਤਰ੍ਹਾਂ ਦੇ ਅਪਰਾਧ ਬਹੁਤ ਗੰਭੀਰ ਹਨ ਅਤੇ ਇਨ੍ਹਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਰਹਿਮਦਿਲੀ ਨਹੀਂ ਦਿਖਾਈ ਜਾ ਸਕਦੀ।
ਇਸ ਮਾਮਲੇ ਦੀ ਸ਼ੁਰੂਆਤ 18 ਸਤੰਬਰ 2024 ਨੂੰ ਹੋਈ ਸੀ, ਜਦੋਂ ਮਹਿਣਾ ਪੁਲਿਸ ਸਟੇਸ਼ਨ ਵਿੱਚ ਪੀੜਤ ਲੜਕੀ ਦੇ ਬਿਆਨ ‘ਤੇ ਬਾਬਾ ਬਲਜਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਲੜਕੀ ਨੇ ਆਪਣੇ ਬਿਆਨ ਵਿੱਚ ਦੱਸਿਆ ਸੀ ਕਿ ਦੋਸ਼ੀ ਬਾਬਾ ਉਸਨੂੰ ਅਰਦਾਸ ਕਰਨ ਦੇ ਬਹਾਨੇ ਮੋਗਾ ਦੇ ਇੱਕ ਹੋਟਲ ਵਿੱਚ ਲੈ ਗਿਆ। ਉੱਥੇ ਉਸਨੇ ਉਸ ਨਾਲ ਜ਼ਬਰਦਸਤੀ ਕਰਦੇ ਹੋਏ ਗੰਭੀਰ ਅਪਰਾਧ ਨੂੰ ਅੰਜਾਮ ਦਿੱਤਾ।
ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫਤਾਰ:- ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਜਾਂਚ ਪੂਰੀ ਕਰਕੇ ਚਾਲਾਨ ਅਦਾਲਤ ਵਿੱਚ ਪੇਸ਼ ਕੀਤਾ। ਟ੍ਰਾਇਲ ਦੌਰਾਨ ਪੀੜਤ ਲੜਕੀ ਦੇ ਬਿਆਨ ਮੈਡੀਕਲ ਰਿਪੋਰਟ ਅਤੇ ਹੋਰ ਸਹਾਇਕ ਸਬੂਤਾਂ ਨੇ ਕੇਸ ਨੂੰ ਮਜ਼ਬੂਤ ਬਣਾਇਆ।
ਅਦਾਲਕ ਨੇ ਸੁਣਾਈ ਸਜ਼ਾ:- ਇਸ ਤੋਂ ਬਾਅਦ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰਕੇ 18 ਸਤੰਬਰ 2024 ਨੂੰ ਦੋਸ਼ੀ ਬਲਜਿੰਦਰ ਸਿੰਘ ਦੇ ਖ਼ਿਲਾਫ਼ ਜਬਰ ਜਨਾਹ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ। ਸੋਮਵਾਰ ਨੂੰ ਅਦਾਲਤ ਨੇ ਕੇਸ ਦੀ ਸੁਣਵਾਈ ਦੌਰਾਨ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ।