ਸ੍ਰੀ ਫਤਿਹਗੜ੍ਹ ਸਾਹਿਬ- ਸ਼ਹੀਦੀ ਸਭਾ ਦੇ ਅਖੀਰਲੇ ਦਿਨ ਨਗਰ ਕੀਰਤਨ ਸਜਾਏ ਗਏ, ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਦੌਰਾਨ ਨਗਰ ਕੀਰਤਨ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਹੀਦਾਂ ਨੂੰ ਸਿਜਦਾ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਮਹਾਨ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਇਸ ਸਥਾਨ ਉੱਤੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਇਨਸਾਫ਼ ਲਈ ਆਪਣੀ ਸ਼ਹਾਦਤ ਦਿੱਤੀ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਜਦੋਂ ਮੈਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਨੌਜਵਾਨ ਮਿਲਿਆ, ਜਿਸ ਦੇ ਹੱਥ ਵਿੱਚ ਇੱਕ ਬੋਰਡ ਸੀ, ਜਿਸ ਉੱਤੇ ਲਿਖਿਆ ਹੋਇਆ ਸੀ ਕਿ ਜੇਕਰ 2 ਅਕਤੂਬਰ ਅਤੇ 15 ਅਗਸਤ ਨੂੰ ਸ਼ਰਾਬ ਦੇ ਠੇਕੇ ਬੰਦ ਹੋ ਸਕਦੇ ਹਾਂ ਤਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨਾਂ ਵਿੱਚ ਪੰਜਾਬ ਅੰਦਰ ਸ਼ਰਾਬ ਦੇ ਠੇਕੇ ਕਿਉਂ ਨਹੀਂ ਬੰਦ ਹੋ ਸਕਦੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮਾਗਮਾਂ ਦੇ ਦਿਨਾਂ ਅੰਦਰ ਪੂਰੇ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਬੰਦ ਹੋਣ ਚਾਹੀਦੇ ਹਨ, ਤਾਂ ਜੋ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਨੂੰ ਪੂਰੀ ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਜਾ ਸਕੇ। ਇਸ ਦੌਰਾਨ ਨੌਜਵਾਨ ਲਈ ਬੋਲਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਕੁਝ ਕੁ ਨੌਜਵਾਨ ਆਪਣੇ ਕੇਸਾਂ ਦੀ ਬੇਅਦਬੀ ਕਰ ਰਹੇ ਹਨ, ਜੋ ਕਿ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ। ਜਥੇਦਾਰ ਨੇ ਅਪੀਲ ਕਰਦਿਆ ਕਿਹਾ ਕਿ ਨੌਜਵਾਨ ਗੁਰੂ ਸਾਹਿਬਾਨਾਂ ਦੀ ਮਰਿਆਦਾ ਅਨੁਸਾਰ ਗੁਰਸਿੱਖ ਸੱਜਣ ਅਤੇ ਕੇਸਾਂ ਦੀ ਸੰਭਾਲ ਕਰਨ ਅਤੇ ਆਪਣੀ ਪਹਿਚਾਣ ਉੱਤੇ ਮਾਣ ਕਰਨ।