ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ SAD ਨੂੰ ਮਿਲਿਆ ਵੱਡਾ ਸਿਆਸੀ ਬਲ, ਨਾਮੀ ਸ਼ਖਸੀਅਤ ਆਪਣੀ ਪਤਨੀ ਸਮੇਤ ਪਾਰਟੀ 'ਚ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (SAD) ਨੂੰ ਵੱਡਾ ਸਿਆਸੀ ਬਲ ਮਿਲਿਆ ਹੈ। ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਆਪਣੀ ਪਤਨੀ ਅਤੇ ਚੰਡੀਗੜ੍ਹ ਨਗਰ ਨਿਗਮ ਦੀ ਸਾਬਕਾ ਕੌਂਸਲਰ ਬੀਬੀ ਰਵਿੰਦਰ ਕੌਰ ਗੁਜਰਾਲ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਸੁਖਬੀਰ ਬਾਦਲ ਨੇ ਪਾਰਟੀ ਵਿੱਚ ਕੀਤਾ ਸਵਾਗਤ
ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਗਈ ਹੈ। ਪਾਰਟੀ ਵੱਲੋਂ ਸਾਂਝੀ ਕੀਤੀ ਗਈ ਪੋਸਟ ਮੁਤਾਬਕ, ਦੋਵਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ ਕੀਤਾ।
ਪਾਰਟੀ ਨੇ ਕਿਹਾ ਕਿ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਦੇ ਸ਼ਾਮਲ ਹੋਣ ਨਾਲ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੀ ਸ਼ਮੂਲੀਅਤ ਨਾਲ ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਵੀ ਪਾਰਟੀ ਨੂੰ ਫਾਇਦਾ ਹੋਣ ਦੀ ਉਮੀਦ ਹੈ।
ਇਹ ਆਗੂ ਵੀ ਰਹੇ ਮੌਜੂਦ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸ. ਚਰਨਜੀਤ ਸਿੰਘ ਵਿਲੀ, ਬੀਬੀ ਹਰਜਿੰਦਰ ਕੌਰ (ਐਗਜ਼ੈਕਟਿਵ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਬੀਬੀ ਮਨਮੋਹਨ ਕੌਰ, ਸ. ਜਰਨੈਲ ਸਿੰਘ, ਸ. ਗੁਰਵਿੰਦਰ ਸਿੰਘ, ਸ. ਜਗਤਾਰ ਸਿੰਘ, ਸ੍ਰੀ ਪਵਨ ਗੋਇਲ, ਸ. ਪਰਵਿੰਦਰ ਸਿੰਘ ਅਤੇ ਸ. ਇਸ਼ਟਿੰਦਰ ਸਿੰਘ ਹੈਪੀ ਸਮੇਤ ਕਈ ਆਗੂ ਹਾਜ਼ਰ ਸਨ।