ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਹ ਪਹਿਲਾਂ ਮੋਗਾ ਪਹੁੰਚੇ ਹਨ। ਇੱਥੇ ਉਹ ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕਰਨਗੇ। ਉਹ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਕਿਵੇਂ ਲਾਗੂ ਕਰਨਾ ਹੈ, ਇਸ ਬਾਰੇ ਵੀ ਚਰਚਾ ਕਰਨਗੇ। ਪੰਜਾਬ ਦੇ ਆਪਣੇ ਦੌਰੇ ਦੌਰਾਨ, ਸ਼ਿਵਰਾਜ ਸਿੰਘ ਚੌਹਾਨ ਆਧੁਨਿਕ ਖੇਤੀਬਾੜੀ ਦੀਆਂ ਯੋਜਨਾਵਾਂ ਅਤੇ ਖੁਸ਼ਹਾਲ ਕਿਸਾਨਾਂ ਲਈ ਇੱਕ ਦ੍ਰਿਸ਼ਟੀਕੋਣ 'ਤੇ ਚਰਚਾ ਕਰਨਗੇ। ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਸਥਿਤ ਪਿੰਡ ਰਣਸੀਹ ਕਲਾਂ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ। ਇੱਥੇ ਉਨ੍ਹਾਂ ਨੇ ਸਰ੍ਹੋ ਦਾ ਸਾਗ ਨਾਲ ਮੱਕੀ ਦੀ ਰੋਟੀ ਖਾਧੀ।
ਜਲੰਧਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, ਉਹ ਪੇਂਡੂ ਵਿਕਾਸ ਮੰਤਰਾਲੇ ਦੀਆਂ ਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਇਸ ਤੋਂ ਬਾਅਦ ਕੇਂਦਰ ਸਰਕਾਰ ਦੀਆਂ ਤਰਜੀਹਾਂ ਅਤੇ ਪੰਜਾਬ ਲਈ ਵਿਸ਼ੇਸ਼ ਯੋਜਨਾਵਾਂ ਦੀ ਰੂਪਰੇਖਾ ਤਿਆਰ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਕਰਨਗੇ। ਅੰਤ ਵਿੱਚ ਉਹ ਸੀਪੀਆਰਆਈ, ਬਾਦਸ਼ਾਹਪੁਰ ਵਿਖੇ ਖੇਤੀਬਾੜੀ ਵਿਗਿਆਨੀਆਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਦੌਰੇ ਤੋਂ ਬਾਅਦ ਉਹ ਅੰਮ੍ਰਿਤਸਰ ਤੋਂ ਦਿੱਲੀ ਵਾਪਸ ਆ ਪਰਤਣਗੇ।