Trending:
ਸ਼ਿਵ ਸੈਨਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਇੰਦਰਜੀਤ ਕਰਵਾਲ ਅਤੇ ਉਨ੍ਹਾਂ ਦੇ ਪੁੱਤਰ ਜ਼ਿੰਮੀ ਕਰਵਾਲ 'ਤੇ ਹੋਏ ਹਮਲੇ ਤੋਂ ਬਾਅਦ ਅੱਜ ਫਗਵਾੜਾ ਸ਼ਹਿਰ ਮੁਕੰਮਲ ਬੰਦ ਕੀਤਾ ਗਿਆ ਹੈ । ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਹਿੰਦੂ ਸੰਗਠਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ।
ਕਾਬਿਲੇਗੌਰ ਹੈ ਕਿ ਮੰਗਲਵਾਰ ਸ਼ਾਮ ਨੂੰ ਫਗਵਾੜਾ ਦੇ ਗਊਸ਼ਾਲਾ ਬਾਜ਼ਾਰ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਬਦਮਾਸ਼ਾਂ ਨੇ ਸ਼ਿਵ ਸੈਨਾ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਇੰਦਰਜੀਤ ਕਰਵਾਲ ਦੇ ਪੁੱਤਰ ਜਿੰਮੀ ਕਰਵਾਲ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ । ਜਿੰਮੀ ਕਰਵਾਲ 'ਤੇ ਹੋਏ ਹਮਲੇ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੇ ਪਿਤਾ ਇੰਦਰਜੀਤ ਕਰਵਾਲ ਆਪਣੇ ਪੁੱਤਰ ਨੂੰ ਬਚਾਉਣ ਲਈ ਮੌਕੇ 'ਤੇ ਪਹੁੰਚੇ । ਤਾਂ ਬਦਮਾਸ਼ਾਂ ਨੇ ਇੰਦਰਜੀਤ 'ਤੇ ਵੀ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ । ਦੋਹਾਂ ਨੂੰ ਫਗਵਾੜਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ।
ਸ਼ਿਵ ਸੈਨਿਕਾਂ, ਹਿੰਦੂ ਸੰਗਠਨਾਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਫਗਵਾੜਾ ਦੇ ਸਾਰੇ ਬਾਜ਼ਾਰ ਉਦੋਂ ਤੱਕ ਬੰਦ ਰਹਿਣਗੇ ਜਦੋਂ ਤੱਕ ਫਗਵਾੜਾ ਪੁਲਿਸ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਪੁਲਿਸ ਕਾਰਵਾਈ ਨਹੀਂ ਕਰਦੀ।