ਪਟਿਆਲਾ ਦੇ ਸਨੌਰ ’ਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸਨੌਰ ਵਾਸੀਆਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ’ਚ ਅਖੰਡ ਪਾਠ ਸਾਹਿਬ ਕਰਵਾਇਆ ਸੀ। ਅੱਜ ਭੋਗ ਤੋਂ ਬਾਅਦ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਗੁਰਦੁਆਰਾ ਸਿੰਘ ਸਭਾ ਪਹੁੰਚੀ ਤਾਂ ਗੁਰਦੁਆਰਾ ਕਮੇਟੀ ਨੇ ਦੇਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਚਾਦਰ ਹੇਠਾਂ ਰੱਖੇ ਹੋਏ ਸਨ, ਜਿਸ ਤੋਂ ਬਾਅਦ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ ਗਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਗੁਰਦੁਆਰੇ ਦੇ ਛੇ ਪਾਠੀਆਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਹੈ। ਇਸ ਮਾਮਲੇ ਵਿੱਚ ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਮਲੇ ਦੀ ਜਾਂਚ ਕਰ ਰਹੀ ਹੈ, ਉੱਥੇ ਹੀ ਸਨੌਰ ਪੁਲਿਸ ਵੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਗੁਰਦੁਆਰਾ ਸਿੰਘ ਸਭਾ ਸਨੌਰ ਤੋਂ ਸਨੌਰ ਪਿੰਡ ’ਚ ਸਾਂਝੀ ਥਾਂ 'ਤੇ ਅਖੰਡ ਪਾਠ ਸਾਹਿਬ ਲਈ ਲਿਜਾਈ ਗਈ ਸੀ। ਅੱਜ ਭੋਗ ਤੋਂ ਬਾਅਦ ਜਿਵੇਂ ਹੀ ਬੀੜ ਸਾਹਿਬ ਗੁਰਦੁਆਰਾ ਸਾਹਿਬ ਪਹੁੰਚੀ ਤਾਂ ਦੇਖਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਨੂੰ ਪਾੜ ਕੇ ਚਾਦਰ ਹੇਠ ਰੱਖਿਆ ਗਿਆ ਸੀ, ਜਿਸ ਸਬੰਧੀ ਸਨੌਰ ਪੁਲਿਸ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਅਸਲ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਸੰਗਤ ’ਚ ਵੀ ਭਾਰੀ ਰੋਸ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਬੇਅਦਬੀ ਛੇ ਪਾਠੀ ਸਿੰਘਾਂ ਵਿੱਚੋਂ ਇੱਕ ਵੱਲੋਂ ਕੀਤੀ ਗਈ ਸੀ, ਜਿਸਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਚਸ਼ਮਦੀਦ ਪਿੰਡ ਵਾਸੀ ਅਮਰੀਕ ਸਿੰਘ ਨੇ ਦੱਸਿਆ ਕਿ ਭੋਗ ਤੋਂ ਬਾਅਦ ਜਿਵੇਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਗੁਰਦੁਆਰਾ ਸਾਹਿਬ ਪਹੁੰਚੀ, ਉਨ੍ਹਾਂ ਦੇਖਿਆ ਕਿ ਗੁਰੂ ਸਾਹਿਬ ਜੀ ਦੇ ਅੰਗ ਪਾੜ ਕੇ ਚਾਦਰ ਹੇਠ ਰੱਖਿਆ ਗਿਆ ਸੀ, ਜਿਸ ਦੀ ਸੂਚਨਾ ਤੁਰੰਤ ਸੰਗਤ ਅਤੇ ਗੁਰਦੁਆਰਾ ਕਮੇਟੀ ਨੂੰ ਦਿੱਤੀ ਗਈ। ਉਨ੍ਹਾਂ ਭਾਵੁਕ ਹੋ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਸ ਬੇਅਦਬੀ ਤੋਂ ਉਹ ਬਹੁਤ ਦੁਖੀ ਹਨ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।