ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਦੀ ਰਾਖੀ ਕਰਨ ਵਿੱਚ ਮਦਦ ਕਰ ਸਕਦੀ ਹੈ।
ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ SGPC ਵੱਲੋਂ ਕਰਵਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰਮਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਇਹ ਭਾਵੁਕ ਅਪੀਲ ਕੀਤੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸਿੱਖ ਕੌਮ ਵਿੱਚ ਵੰਡ ਦੇਖ ਕੇ ਬਹੁਤ ਦੁਖੀ ਹਨ। ਉਨ੍ਹਾਂ ਟਿੱਪਣੀ ਕੀਤੀ ਈਸਾਈ ਜਾਂ ਹਿੰਦੂ ਕਦੇ ਵੀ ਆਪਣੀਆਂ ਧਾਰਮਿਕ ਸੰਸਥਾਵਾਂ ਦੇ ਖਿਲਾਫ ਨਹੀਂ ਬੋਲਦੇ । ਪਰ ਸਿੱਖ ਖੁਦ ਹੀ ਆਪਣੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਅਕਾਲੀ ਦਲ ਸਿੱਖ ਹਿੱਤਾਂ ਦੀ ਰਾਖੀ ਲਈ ਬਣਾਇਆ ਗਿਆ ਸੀ ਅਤੇ ਅਸਲੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੈ । ਕਈ ਤਾਕਤਾਂ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਾਨੂੰ ਇਨ੍ਹਾਂ ਹਮਲਿਆਂ ਦਾ ਮੁਕਾਬਲਾ ਕਰਨ ਲਈ ਇਕਜੁਟ ਹੋਣ ਦੀ ਲੋੜ ਹੈ।
ਉਨ੍ਹਾਂ ਇਲਜ਼ਾਮ ਲਾਇਆ ਕਿ ਦੇਸ਼ ਭਰ ਵਿੱਚ ਸਿੱਖ ਸੰਸਥਾਵਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਖ਼ਤ ਹਜ਼ੂਰ ਸਾਹਿਬ ਕਮੇਟੀ ਵਿੱਚ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਹੁੰਦੇ ਸਨ, ਪਰ ਹੁਣ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਹਜ਼ੂਰ ਸਾਹਿਬ 'ਤੇ ਕੰਟਰੋਲ ਕਰ ਲਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਨੂੰ ਵੀ ਕੇਂਦਰ ਸਰਕਾਰ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ । ਉਹ ਜਾਣਦੇ ਹਨ ਕਿ ਸਿੱਖ ਕੌਮ ਗੁਰਦੁਆਰਿਆਂ ਤੋਂ ਤਾਕਤ ਹਾਸਲ ਕਰਦੀ ਹੈ ਅਤੇ ਇਸੇ ਲਈ ਉਹ ਕੰਟਰੋਲ ਚਾਹੁੰਦੇ ਹਨ।
ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਵਾਲਾ ਦਿੰਦਿਆਂ ਕਿਹਾ ਕਿਸੇ ਵੀ ਧਰਮ ਲਈ ਸਿਆਸੀ ਤਾਕਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 15 ਸਾਲ ਪਹਿਲਾਂ ਹੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨ ਦਿੱਤਾ ਸੀ ਅਤੇ ਦਾਅਵਾ ਕੀਤਾ ਕਿ ਇਲਾਕੇ ਵਿੱਚ ਵੱਡਾ ਵਿਕਾਸ ਅਕਾਲੀ ਸਰਕਾਰਾਂ ਦੌਰਾਨ ਹੋਇਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਉਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਪੰਜਾਬ ਦੇ ਹੱਕਾਂ 'ਤੇ ਕਬਜ਼ਾ ਕਰ ਰਿਹਾ ਹੈ । ਪੰਜਾਬ ਯੂਨੀਵਰਸਿਟੀ ਦਾ ਮੁੱਦਾ, ਚੰਡੀਗੜ੍ਹ 'ਤੇ ਉਪ-ਰਾਜਪਾਲ ਦੀ ਨਿਯੁਕਤੀ, ਅਤੇ ਭਾਖੜਾ ਵਿੱਚ CISF ਦੀ ਤਾਇਨਾਤੀ ਦਿੱਲੀ ਵੱਲੋਂ ਪੰਜਾਬ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀਆਂ ਉਦਾਹਰਣਾਂ ਹਨ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕੇਂਦਰ ਵੱਲੋਂ ਹਰਿਆਣਾ ਕਮੇਟੀ ਬਣਾਉਣ ਅਤੇ ਸਿੱਖ ਸੰਸਥਾਵਾਂ ਵਿੱਚ ਦਖਲਅੰਦਾਜ਼ੀ ਦੀ ਕੋਸ਼ਿਸ਼ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇਸ਼ ਭਰ ਵਿੱਚ ਸਿੱਖਾਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਮਜ਼ਬੂਤੀ ਨਾਲ ਖੜ੍ਹੀ ਹੈ ।