ਸਾਲ 2025 ਖਤਮ ਹੋਣ ਕੰਢੇ ਹੈ ਅਤੇ ਇਸ ਦੇ ਨਾਲ ਹੀ ਠੰਢ 'ਚ ਵੀ ਬੇਤਹਾਸ਼ਾ ਵਾਧਿਆ ਹੋਇਆ ਹੈ। ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਇਸ ਦੇ ਨਾਲ ਸੰਘਣੀ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਗਿਰਾਵਟ ਆਈ ਹੈ। ਘੱਟੋ-ਘੱਟ ਤਾਪਮਾਨ 2.3 ਡਿਗਰੀ ਡਿੱਗ ਗਿਆ ਹੈ। ਸ਼ਹੀਦ ਭਗਤ ਸਿੰਘ ਨਗਰ 4.4 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ।
ਮੌਸਮ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ, ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਰਿਹਾ, ਮੈਦਾਨੀ ਅਤੇ ਹੇਠਲੇ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਵਾਹਨਾਂ ਦੀ ਆਵਾਜਾਈ ਹੌਲੀ ਹੋ ਗਈ। ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਦੇ ਅਨੁਸਾਰ, ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਉਮੀਦ ਨਹੀਂ ਹੈ। ਰਾਜ ਵਿੱਚ ਸਭ ਤੋਂ ਘੱਟ ਤਾਪਮਾਨ ਕੁਕੁਮਸੇਰੀ ਵਿੱਚ ਮਨਫੀ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜੀ ਇਸ ਸਮੇਂ ਜੰਮੂ ਅਤੇ ਕਸ਼ਮੀਰ ਤੱਕ ਪਹੁੰਚ ਗਈ ਹੈ, ਜਿਸ ਕਾਰਨ ਉੱਥੇ ਬਰਫ਼ਬਾਰੀ ਹੋ ਰਹੀ ਹੈ। 30 ਦਸੰਬਰ ਤੱਕ ਇੱਕ ਹੋਰ ਹਿਮਾਲੀਅਨ ਖੇਤਰ ਤੱਕ ਪਹੁੰਚ ਜਾਵੇਗਾ, ਜਿਸ ਨਾਲ ਬਰਫ਼ਬਾਰੀ ਅਤੇ ਮੀਂਹ ਦੀ ਸੰਭਾਵਨਾ ਵੱਧ ਗਈ ਹੈ। ਹੁਣ ਪੰਜਾਬ ਅਤੇ ਚੰਡੀਗੜ੍ਹ ਨੂੰ ਬੱਦਲਾਂ ਨੇ ਢੱਕ ਲਿਆ ਹੈ। ਇਸ ਕਾਰਨ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਵੇਗਾ। ਹਾਲਾਂਕਿ, ਹਵਾਵਾਂ ਜ਼ਰੂਰ ਚੱਲਣਗੀਆਂ। ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕੁਝ ਖੇਤਰਾਂ ਵਿੱਚ ਹਲਕੀ ਬੂੰਦਾਬਾਂਦੀ ਸੰਭਵ ਹੈ।