ਪੰਜਾਬ ਦੇ 5 ਪ੍ਰਸਿੱਧ ਮੰਦਰਾਂ—ਦੁਰਗਿਆਣਾ ਮੰਦਰ, ਮੁਕਤੇਸ਼ਵਰ ਮੰਦਰ, ਦੇਵੀ ਤਲਾਬ ਮੰਦਰ, ਮਾਈਸਰਖਾਨਾ ਮੰਦਰ ਅਤੇ ਕਾਲੀ ਦੇਵੀ ਮੰਦਰ—ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੇ ਈਮੇਲ ਵਿੱਚ ਲਿਖਿਆ ਗਿਆ ਹੈ ਕਿ ਇਹ ਧਮਾਕੇ ਦੁਪਹਿਰ 1:11 ਤੋਂ 3:11 ਵਜੇ ਦੇ ਵਿਚਕਾਰ ਕੀਤੇ ਜਾਣਗੇ। ਧਮਕੀ ਦੇਣ ਵਾਲਿਆਂ ਨੇ ਇਸ ਨੂੰ 6 ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ (ਗੋਲਡਨ ਟੈਂਪਲ) 'ਤੇ ਹੋਏ ਹਮਲੇ ਦਾ ਬਦਲਾ ਦੱਸਿਆ ਹੈ। ਇਸ ਤੋਂ ਇਲਾਵਾ, ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ ਅਤੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਲੰਧਰ ਦੇ ਦੇਵੀ ਤਲਾਬ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਚੌਕਸ ਜਲੰਧਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਇਮਾਰਤ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਜਲੰਧਰ ਕੋਰਟ ਨੂੰ ਅਜਿਹੀ ਹੀ ਧਮਕੀ ਮਿਲੀ ਸੀ, ਪਰ ਜਾਂਚ ਦੌਰਾਨ ਉੱਥੇ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ। ਫਿਲਹਾਲ ਮੰਦਰ ਦੀ ਜਾਂਚ ਦੌਰਾਨ ਵੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਵੀਰਵਾਰ ਨੂੰ ਸਕੱਤਰੇਤ ਦੇ ਕੰਟਰੋਲ ਰੂਮ ਨੂੰ ਇੱਕ ਈ-ਮੇਲ ਮਿਲੀ, ਜਿਸ ਵਿੱਚ ਕੰਪਲੈਕਸ ਵਿੱਚ ਬੰਬ ਹੋਣ ਦਾ ਦਾਅਵਾ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਸਕੱਤਰੇਤ ਅਤੇ ਮੰਦਰਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ, ਪਰ ਮੁੱਢਲੀ ਜਾਂਚ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਫਿਲਹਾਲ ਪੁਲਿਸ ਅਤੇ ਸਾਈਬਰ ਸੈੱਲ ਦੀਆਂ ਟੀਮਾਂ ਇਸ ਧਮਕੀ ਭਰੇ ਈ-ਮੇਲ ਦੀ ਜਾਂਚ ਕਰ ਰਹੀਆਂ ਹਨ। ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਈ-ਮੇਲ ਕਿਸ ਆਈਡੀ ਤੋਂ ਭੇਜੀ ਗਈ ਹੈ ਅਤੇ ਇਸਦੇ ਪਿੱਛੇ ਕੌਣ ਲੋਕ ਹਨ।