ਪੰਜਾਬ ਦੇ ਮਸ਼ਹੂਰ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ, ਭਾਰਤੀ ਜਨਤਾ ਪਾਰਟੀ ਦੇ ਇੱਕ ਨੇਤਾ ਨੇ ਹਨੀ ਸਿੰਘ ਵਿਰੁੱਧ ਡੀਜੀਪੀ ਪੰਜਾਬ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਜਾਣਕਾਰੀ ਅਨੁਸਾਰ ਜਲੰਧਰ ਤੋਂ ਭਾਜਪਾ ਪੰਜਾਬ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਹਨੀ ਸਿੰਘ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਪੰਜਾਬੀ ਗੀਤ "ਨਾਗਿਨ" ਨੂੰ ਅਸ਼ਲੀਲ ਦੱਸਿਆ ਹੈ ਅਤੇ ਮੰਗ ਕੀਤੀ ਹੈ ਕਿ ਇਸ ਵਿਰੁੱਧ ਐਫਆਈਆਰ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਗੀਤ ਨੂੰ ਯੂਟਿਊਬ ਸਮੇਤ ਸਾਰੇ ਡਿਜੀਟਲ ਪਲੇਟਫਾਰਮਾਂ ਤੋਂ ਤੁਰੰਤ ਹਟਾ ਦਿੱਤਾ ਜਾਵੇ।
ਹਨੀ ਸਿੰਘ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ
ਪੰਜਾਬ ਦੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਅਰਵਿੰਦ ਸ਼ਰਮਾ ਨੇ ਕਿਹਾ ਕਿ ਇਸ ਗਾਣੇ ਵਿੱਚ ਅਸ਼ਲੀਲ ਨਾਚ ਅਤੇ ਨਗਨਤਾ ਦੇ ਇਤਰਾਜ਼ਯੋਗ ਦ੍ਰਿਸ਼ ਦਰਸਾਏ ਗਏ ਹਨ, ਜੋ ਕਿ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਵਿਰੁੱਧ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮਨੋਰੰਜਨ ਦੇ ਨਾਮ 'ਤੇ ਪੰਜਾਬੀ ਸੰਗੀਤ ਅਤੇ ਪਛਾਣ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਔਰਤਾਂ ਦੀ ਇੱਜ਼ਤ ਅਤੇ ਸਤਿਕਾਰ ਲਈ ਜਾਣਿਆ ਜਾਂਦਾ ਹੈ, ਪਰ ਅਜਿਹੇ ਗਾਣੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਇਸ ਮਾਮਲੇ ਨੂੰ ਗੰਭੀਰ ਨਾਲ ਲਿਆ ਜਾਵੇ। ਰੈਪਰ ਹਨੀ ਸਿੰਘ ਅਤੇ ਸ਼ਿਕਾਇਤ ਵਿੱਚ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।