Thursday, 20th of November 2025

Zila-parishad and samiti elections in December !, ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ਦਸੰਬਰ ’ਚ !

Reported by: Sukhjinder Singh  |  Edited by: Jitendra Baghel  |  November 20th 2025 11:48 AM  |  Updated: November 20th 2025 11:48 AM
Zila-parishad and samiti elections in December !, ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ਦਸੰਬਰ ’ਚ !

Zila-parishad and samiti elections in December !, ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ਦਸੰਬਰ ’ਚ !

ਪੰਜਾਬ ਵਿੱਚ ਜਲਦ ਹੀ ਸਿਆਸੀ ਅਖਾੜਾ ਭਖਣ ਵਾਲਾ ਹੈ । ਸੂਬੇ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਸੰਬਰ ’ਚ ਹੋਣ ਦੀ ਸੰਭਾਵਨਾ ਹਨ । 25 ਨਵੰਬਰ ਤੋਂ ਬਾਅਦ ਕਿਸੇ ਵੇਲੇ ਚੋਣਾਂ ਦਾ ਐਲਾਨ ਹੋ ਸਕਦਾ ਹੈ । ਸੂਤਰਾਂ ਮੁਤਾਬਕ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋ ਸਕਦੀਆਂ ਹਨ । ਉਸ ਦਿਨ ਐਤਵਾਰੀ ਛੁੱਟੀ ਵੀ ਹੈ । ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਹ ਚੋਣਾਂ 5 ਦਸੰਬਰ ਤੱਕ ਕਰਵਾਉਣ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਹਲਫ਼ੀਆ ਬਿਆਨ ਦਾਇਰ ਕੀਤਾ ਹੋਇਆ ਹੈ।

ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਖ਼ਤਮ ਹੋਣ ਮਗਰੋਂ ਹੀ ਪੰਜਾਬ ਰਾਜ ਚੋਣ ਕਮਿਸ਼ਨ ਇਨ੍ਹਾਂ ਚੋਣਾਂ ਦਾ ਐਲਾਨ ਕਰ ਸਕਦਾ ਹੈ । ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੇ ਜ਼ੋਨਾਂ ਦਾ ਗਠਨ ਕਰ ਦਿੱਤਾ ਹੈ ਅਤੇ ਇਨ੍ਹਾਂ ਜ਼ੋਨਾਂ ਦਾ ਰਾਖਵਾਂਕਰਨ ਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਤਿਆਰ ਤਜਵੀਜ਼ਾਂ ਸਬੰਧੀ ਜ਼ੋਨਾਂ ਅਤੇ ਉਨ੍ਹਾਂ ਦੇ ਰਾਖਵੇਂਕਰਨ ਬਾਰੇ ਜ਼ਿਲ੍ਹਾਵਾਰ ਸਰਕਾਰੀ ਨੋਟੀਫ਼ਿਕੇਸ਼ਨ ਲਗਾਤਾਰ ਜਾਰੀ ਹੋ ਰਹੇ ਹਨ।

ਪੰਜਾਬ ਸਰਕਾਰ ਨੇ ਇਸ ਵਾਰ ਬਲਾਕ ਨੂੰ ਇਕਾਈ ਮੰਨ ਕੇ ਰਾਖਵਾਂਕਰਨ ਕੀਤਾ ਹੈ। ਪੰਜਾਬ ਸਰਕਾਰ ਨੇ ਬਲਾਕਾਂ ਦਾ ਪੁਨਰਗਠਨ ਵੀ ਕੀਤਾ ਹੈ, ਜਿਸ ਨਾਲ ਪਿੰਡਾਂ ਦੀ ਇੱਕ-ਦੂਸਰੇ ਬਲਾਕ ’ਚ ਅਦਲਾ-ਬਦਲੀ ਵੀ ਹੋ ਗਈ ਹੈ । ਸੂਤਰਾਂ ਮੁਤਾਬਕ ਵਿਧਾਇਕਾਂ ਤੇ ਵਜ਼ੀਰਾਂ ਦੇ ਮਸ਼ਵਰੇ ਨਾਲ ਹੀ ਜ਼ੋਨਾਂ ਦੇ ਰਾਖਵੇਂਕਰਨ ਦਾ ਕੰਮ ਨੇਪਰੇ ਚਾੜ੍ਹਿਆ ਗਿਆ ਹੈ। ਸੂਬੇ ’ਚ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਹੋਣੀਆਂ ਹਨ। ਇੱਕ ਸੀਨੀਅਰ ਅਧਿਕਾਰੀ ਮੁਤਾਬਕ ਚੋਣਾਂ ਦਸੰਬਰ ਦੇ ਦੂਜੇ ਹਫ਼ਤੇ ਦੇ ਅਖੀਰ ਵਿੱਚ ਹੋਣੀਆਂ ਤੈਅ ਹਨ ।

ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਇਰ ਪਟੀਸ਼ਨ ਦੇ ਜਵਾਬ ’ਚ ਪੰਜਾਬ ਸਰਕਾਰ ਨੇ ਪਹਿਲਾਂ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ 31 ਮਈ ਤੱਕ ਕਰਾਏ ਜਾਣ ਦਾ ਹਲਫ਼ੀਆ ਬਿਆਨ ਦਿੱਤਾ ਸੀ। ਉਸ ਮਗਰੋਂ ਬਲਾਕਾਂ ਦੇ ਪੁਨਰਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ । ਹਾਈਕੋਰਟ ਤੋਂ ਮਹਿਕਮੇ ਨੇ ਤਿੰਨ ਮਹੀਨਾ ਦਾ ਸਮਾਂ ਲੈ ਕੇ ਇਹ ਚੋਣਾਂ 5 ਅਕਤੂਬਰ ਤੱਕ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ । ਇਸੇ ਦੌਰਾਨ ਪੰਜਾਬ ਹੜ੍ਹਾਂ ਦੀ ਲਪੇਟ ’ਚ ਆ ਗਿਆ ਅਤੇ ਇਨ੍ਹਾਂ ਦੇ ਹਵਾਲੇ ਨਾਲ ਮਹਿਕਮੇ ਨੇ ਮੁੜ ਹਾਈਕੋਰਟ ਨੂੰ 5 ਦਸੰਬਰ ਤੱਕ ਚੋਣਾਂ ਕਰਵਾਉਣ ਦਾ ਹਲਫ਼ੀਆ ਬਿਆਨ ਦੇ ਦਿੱਤਾ । ਇਹ ਚੋਣਾਂ ਜਨਵਰੀ 2025 ਦੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਦੀ ਸੰਭਾਵਨਾ ਹੈ । ਸਰਪੰਚੀ ਚੋਣਾਂ ਵੇਲੇ ਪੰਜਾਬ ’ਚ 1.33 ਕਰੋੜ ਵੋਟਰ ਸਨ । ਇਸ ਤੋਂ ਪਹਿਲਾਂ 15 ਅਕਤੂਬਰ 2024 ਨੂੰ ਪੰਚਾਇਤੀ ਚੋਣਾਂ ਹੋਈਆਂ ਸਨ। ਪੰਜਾਬ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਆਖ਼ਰੀ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ 19 ਸਤੰਬਰ 2018 ਨੂੰ ਹੋਈਆਂ ਸਨ, ਜਦਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਮਈ 2013 ’ਚ ਇਹ ਚੋਣਾਂ ਕਰਵਾਈਆਂ ਸਨ।

ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਇਸ ਵਾਰ ਸਿਰਫ਼ ਸਧਾਰਣ ਪੇਂਡੂ ਚੋਣਾਂ ਨਹੀਂ ਰਹਿਗੀਆਂ । ਇਹ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਦੀ ਰਾਜਸੀ ਕਾਰਗੁਜ਼ਾਰੀ ਦਾ ਅਸਲ ਇਮਤਿਹਾਨ ਬਣਨ ਜਾ ਰਹੀਆਂ ਹਨ । ਪੰਜਾਬ ਦਾ ਪੇਂਡੂ ਖ਼ਿੱਤਾ ਕਿਸ ਸਿਆਸੀ ਧਿਰ ਵੱਲ ਝੁਕਾਅ ਰੱਖਦਾ ਹੈ, ਇਹ ਸਾਫ਼ ਤਸਵੀਰ ਇਨ੍ਹਾਂ ਨਤੀਜਿਆਂ ਵਿਚੋਂ ਨਿਕਲ ਕੇ ਸਾਹਮਣੇ ਆਵੇਗੀ।