Sunday, 11th of January 2026

ਪੰਜਾਬ ਵਿੱਚ ਵਧਾਈ ਗਈ ਸੁਰੱਖਿਆ!....44 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ

Reported by: Ajeet Singh  |  Edited by: Jitendra Baghel  |  December 11th 2025 12:13 PM  |  Updated: December 11th 2025 12:13 PM
ਪੰਜਾਬ ਵਿੱਚ ਵਧਾਈ ਗਈ ਸੁਰੱਖਿਆ!....44 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ

ਪੰਜਾਬ ਵਿੱਚ ਵਧਾਈ ਗਈ ਸੁਰੱਖਿਆ!....44 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਵਿਸ਼ੇਸ਼ DGP ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ. ਪੀਜ਼/ਐੱਸ. ਐੱਸ. ਪੀਜ਼. ਅਤੇ ਡੀ. ਆਈ. ਜੀਜ਼. ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਤਾਇਨਾਤੀ ਲਈ ਜ਼ਿਲ੍ਹਿਆਂ ਤੋਂ ਘੱਟੋ-ਘੱਟ 75 ਫ਼ੀਸਦੀ ਪੁਲਿਸ ਫੋਰਸ ਜੁਟਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਰੇ ਸੀ. ਪੀ./ਐੱਸ. ਐੱਸ. ਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖਣ ਤੇ ਆਮ ਲੋਕਾਂ 'ਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ 'ਚ ਫਲੈਗ ਮਾਰਚ ਕੱਢਣ ਅਤੇ ਮਜ਼ਬੂਤ ਅੰਤਰਰਾਜੀ ਤੇ ਅੰਤਰ-ਜ਼ਿਲਾ ਨਾਕੇ ਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਦੇ ਡੀ. ਜੀ. ਪੀਜ਼. ਨੂੰ ਪੰਜਾਬ ਨਾਲ ਲੱਗਦੀ ਸਰਹੱਦ ਦੇ ਆਪਣੇ ਵਾਲੇ ਪਾਸੇ ਨਾਕੇ ਲਾਉਣ ਲਈ ਪਹਿਲਾਂ ਹੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ 'ਤੇ 18718 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ 'ਚੋਂ 860 ਨੂੰ ਅਤਿ-ਸੰਵੇਦਨਸ਼ੀਲ ਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਐਲਾਨਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬੇ 'ਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 44000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸਾਰੇ ਸੀ. ਪੀ. ਅਤੇ ਐੱਸ. ਐੱਸ. ਪੀਜ਼ ਨੂੰ ਸੰਵੇਦਨਸ਼ੀਲ ਖੇਤਰਾਂ 'ਚ ਨਿਰੰਤਰ ਅਤੇ ਸਰਗਰਮੀ ਨਾਲ ਗਸ਼ਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।