ਟਰੰਪ ਪ੍ਰਸ਼ਾਸਨ ਨੇ H-1B ਵੀਜ਼ਾ ਅਤੇ H-4 ਵੀਜ਼ਾ ਬਿਨੈਕਾਰਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਹ ਜਾਂਚ ਅੱਜ (ਸੋਮਵਾਰ) ਤੋਂ ਸ਼ੁਰੂ ਹੋਵੇਗੀ। ਜਾਂਚ ਦੌਰਾਨ ਸਾਰਿਆਂ ਦੀ ਸੋਸ਼ਲ ਮੀਡੀਆ ਪ੍ਰੋਫਾਈਲ ਵੀ ਚੈੱਕ ਕੀਤੀ ਜਾਵੇਗੀ। ਟਰੰਪ ਪ੍ਰਸ਼ਾਸਨ ਨੇ ਇੱਕ ਨਵਾਂ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ 15 ਦਸੰਬਰ ਤੋਂ H-1B ਵੀਜ਼ਾ ਲਈ ਅਪਲਾਈ ਕਰਨ ਵਾਲਿਆਂ ਅਤੇ ਉਨ੍ਹਾਂ 'ਤੇ ਨਿਰਭਰ ਲੋਕਾਂ ਦੀ ਆਨਲਾਈਨ ਮੌਜੂਦਗੀ (online presence) ਦੀ ਸਮੀਖਿਆ ਕੀਤੀ ਜਾਵੇਗੀ।
ਵਿਦਿਆਰਥੀ ਪਹਿਲਾਂ ਹੀ ਇਸ ਸਮੀਖਿਆ ਦੇ ਦਾਇਰੇ ਵਿੱਚ ਸਨ। ਉੱਥੇ ਹੀ, ਹੁਣ ਅਮਰੀਕੀ ਪ੍ਰਸ਼ਾਸਨ ਨੇ ਆਨਲਾਈਨ ਮੌਜੂਦਗੀ ਦੇ ਨਾਲ-ਨਾਲ ਸੋਸ਼ਲ ਮੀਡੀਆ ਪ੍ਰੋਫਾਈਲ ਦੀ ਜਾਂਚ ਕਰਨ ਦਾ ਵੀ ਹੁਕਮ ਦਿੱਤਾ ਹੈ। ਨਾਲ ਹੀ H-1B ਵੀਜ਼ਾ ਅਤੇ H-4 ਵੀਜ਼ਾ ਅਰਜ਼ੀਕਰਤਾ ਅਤੇ ਉਨ੍ਹਾਂ 'ਤੇ ਨਿਰਭਰ ਲੋਕ ਵੀ ਇਸ ਜਾਂਚ ਦੇ ਦਾਇਰੇ ਵਿੱਚ ਆਉਣਗੇ।
ਅਮਰੀਕੀ ਵਿਭਾਗ ਅਨੁਸਾਰ, "ਜਾਂਚ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਵੀਜ਼ਾ ਅਪਲਾਈ ਕਰਨ ਵਾਲੇ ਸਾਰੇ ਲੋਕਾਂ ਦੀ ਸੋਸ਼ਲ ਮੀਡੀਆ ਪ੍ਰੋਫਾਈਲ ਵੀ ਦੇਖੀ ਜਾਵੇਗੀ। ਸਾਰੇ ਲੋਕਾਂ ਨੂੰ ਆਪਣੀ ਪ੍ਰੋਫਾਈਲ ਨਿੱਜੀ (Private) ਤੋਂ ਜਨਤਕ (Public) ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।"
ਅਮਰੀਕੀ ਵਿਦੇਸ਼ ਵਿਭਾਗ ਮੁਤਾਬਿਕ ਅਮਰੀਕਾ ਦਾ ਵੀਜ਼ਾ ਲੈਣਾ ਆਪਣੇ ਆਪ ਵਿੱਚ ਇੱਕ ਵਿਸ਼ੇਸ਼ ਅਧਿਕਾਰ (special privilege) ਹੈ। ਇਸ ਲਈ ਵੀਜ਼ਾ ਦੇਣ ਤੋਂ ਪਹਿਲਾਂ ਚੰਗੀ ਤਰ੍ਹਾਂ ਨਾਲ ਛਾਣਬੀਣ ਕਰਨਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਵਿਭਾਗ ਉਨ੍ਹਾਂ ਲੋਕਾਂ ਦੀ ਪਛਾਣ ਕਰਦਾ ਹੈ, ਜੋ ਅਮਰੀਕਾ ਵਿੱਚ ਆਉਣ ਦੇ ਯੋਗ ਨਹੀਂ ਹਨ। ਅਜਿਹੇ ਲੋਕ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਬਣ ਸਕਦੇ ਹਨ। H-1B ਵੀਜ਼ਾ ਪਾਉਣ ਵਾਲਿਆਂ ਵਿੱਚ ਕਰੀਬ 70% ਭਾਰਤੀ ਹਨ।