ਨਿਊਯਾਰਕ ਸ਼ਹਿਰ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫਤਾਰੀ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਸੰਪ੍ਰਭੂ ਦੇਸ਼ ਦੇ ਰਾਸ਼ਟਰਪਤੀ ਨੂੰ ਫੌਜੀ ਕਾਰਵਾਈ ਰਾਹੀਂ ਗ੍ਰਿਫਤਾਰ ਕਰਨਾ Act of War ਦੇ ਬਰਾਬਰ ਹੈ ਤੇ ਇਹ ਅੰਤਰਰਾਸ਼ਟਰੀ ਕਾਨੂੰਨ ਦੇ ਨਾਲ-ਨਾਲ ਅਮਰੀਕੀ ਕਾਨੂੰਨ ਦੀ ਵੀ ਉਲੰਘਣਾ ਹੈ। ਮਮਦਾਨੀ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਕਦਮ ਦੁਨੀਆ ਭਰ ਵਿੱਚ ਅਸਥਿਰਤਾ ਨੂੰ ਜਨਮ ਦੇ ਸਕਦੇ ਹਨ।
ਇਸ ਮਾਮਲੇ ‘ਤੇ ਅਮਰੀਕਾ ਦੇ ਭਾਰਤੀ ਮੂਲ ਦੇ ਡੈਮੋਕ੍ਰੇਟਿਕ ਕਾਂਗਰਸਮੈਨ ਰੋ ਖੰਨਾ ਨੇ ਵੀ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੀ ਕਾਰਵਾਈ ਨੂੰ ਜਾਇਜ਼ ਮੰਨ ਲਿਆ ਗਿਆ, ਤਾਂ ਇਹ ਇੱਕ ਖਤਰਨਾਕ ਮਿਸਾਲ ਬਣ ਸਕਦੀ ਹੈ। ਰੋ ਖੰਨਾ ਨੇ ਸਵਾਲ ਕੀਤਾ ਕਿ ਜੇਕਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸੇ ਤਰ੍ਹਾਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੂੰ ਗ੍ਰਿਫਤਾਰ ਕਰ ਲੈਂਦੇ ਹਨ, ਤਾਂ ਅੰਤਰਰਾਸ਼ਟਰੀ ਭਾਈਚਾਰਾ ਕਿਵੇਂ ਪ੍ਰਤੀਕਿਰਿਆ ਕਰੇਗਾ।
ਰਿਪੋਰਟਾਂ ਮੁਤਾਬਕ, 2 ਜਨਵਰੀ ਦੀ ਰਾਤ ਨੂੰ ਅਮਰੀਕੀ ਫੌਜ ਵੱਲੋਂ ਵੈਨੇਜ਼ੁਏਲਾ ਵਿੱਚ ਕਾਰਵਾਈ ਕੀਤੀ ਗਈ, ਜਿਸ ਦੌਰਾਨ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਸੀਲੀਆ ਫਲੋਰੇਸ ਨੂੰ ਹਿਰਾਸਤ ਵਿੱਚ ਲਿਆ ਗਿਆ। ਬਾਅਦ ਵਿੱਚ ਦੋਵਾਂ ਨੂੰ ਨਿਊਯਾਰਕ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਇੱਕ ਨਜ਼ਰਬੰਦੀ ਕੇਂਦਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ‘ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨਾਲ ਜੁੜੇ ਮਾਮਲਿਆਂ ਵਿੱਚ ਮੁਕੱਦਮਾ ਚਲਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਵੈਨੇਜ਼ੁਏਲਾ ਵਿੱਚ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਦੇਸ਼ ਦੀ ਸੁਪਰੀਮ ਕੋਰਟ ਨੇ ਉਪ ਰਾਸ਼ਟਰਪਤੀ ਡੇਲਸੀ ਰੋਡਰਿਗਜ਼ ਨੂੰ ਅੰਤਰਿਮ ਰਾਸ਼ਟਰਪਤੀ ਨਿਯੁਕਤ ਕਰਨ ਦਾ ਹੁਕਮ ਦਿੱਤਾ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਪੂਰੇ ਮਾਮਲੇ ਨੂੰ ਲੈ ਕੇ ਗੰਭੀਰ ਚਰਚਾ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।